– ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ 1.5 ਰੁਪਏ ਤੱਕ ਦੀ ਕਟੌਤੀ, ਵਪਾਰਕ ਦਰਾਂ ਵਿੱਚ 79 ਪੈਸੇ ਤੱਕ ਅਤੇ ਉਦਯੋਗਿਕ ਦਰਾਂ ਵਿੱਚ 74 ਪੈਸੇ ਤੱਕ ਦੀ ਕਟੌਤੀ ਦਾ ਮਿਲੇਗਾ ਲਾਭ
ਟੈਰਿਫ ਵਿੱਚ ਕਟੌਤੀ ਅਤੇ ਨੀਤੀਗਤ ਸੁਧਾਰਾਂ ਨਾਲ ਐਮਐਸਐਮਈਜ਼ ਹੋਣਗੇ ਮਜ਼ਬੂਤ ਅਤੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ : ਸੰਜੀਵ ਅਰੋੜਾ
ਪੰਜਾਬ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਰਾਹਤ ਦੇਣ ਲਈ ਵੱਖ-ਵੱਖ ਸ਼੍ਰੇਣੀਆਂ ਦੀਆਂ ਬਿਜਲੀ ਦਰਾਂ ਵਿੱਚ ਕਟੌਤੀ: ਸੰਜੀਵ ਅਰੋੜਾ
ਈ.ਵੀ. ਚਾਰਜਿੰਗ ਦਰਾਂ 5 ਰੁਪਏ ਪ੍ਰਤੀ ਯੂਨਿਟ ਤੱਕ ਘਟਾਈਆਂ
ਏ+ ਰੇਟਿੰਗ ਅਤੇ 2634 ਕਰੋੜ ਦੇ ਮੁਨਾਫ਼ੇ ਨਾਲ ਸਭ ਤੋਂ ਕੁਸ਼ਲ ਲਾਭ ਕਮਾਊ ਅਦਾਰਾ ਬਣਿਆ ਪੀ.ਐਸ.ਪੀ.ਸੀ.ਐਲ.
ਚੰਡੀਗੜ੍ਹ, 6 ਮਾਰਚ :
ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ।
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਦੀ ਪ੍ਰਧਾਨਗੀ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਮੈਂਬਰ ਟੈਕਨੀਕਲ) ਅਤੇ ਰਵੀ ਕੁਮਾਰ (ਮੈਂਬਰ ਲੀਗਲ) ਮੌਜੂਦਗੀ ’ਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ, 2026 ਤੋਂ 31 ਮਾਰਚ, 2027 ਤੱਕ ਲਾਗੂ ਹੋ ਜਾਵੇਗਾ।
ਇਸ ਫੈਸਲੇ ਨੂੰ ਵੱਡਾ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਟੈਰਿਫ ਵਿੱਚ ਕਟੌਤੀ ਨਾਲ ਘਰੇਲੂ ਖ਼ਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ, ਐਮ.ਐਸ.ਐਮ.ਈ. ਨੂੰ ਮਜ਼ਬੂਤ ਹੋਣਗੇ ਅਤੇ ਪੰਜਾਬ ਵਿੱਚ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਈ.ਵੀ. ਚਾਰਜਿੰਗ ਟੈਰਿਫ ਨੂੰ 5 ਰੁਪਏ ਪ੍ਰਤੀ ਯੂਨਿਟ ਤੱਕ ਕਟੌਤੀ, ਜੋ ਦੇਸ਼ ਵਿੱਚ ਸਭ ਤੋਂ ਘੱਟ ਹੈ, ਦੇ ਨਾਲ-ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਵਿੱਤੀ ਬਦਲਾਅ ਦੇ ਨਾਲ, ਜਿਸਨੇ ਏ+ ਰੇਟਿੰਗ ਪ੍ਰਾਪਤ ਕੀਤੀ ਹੈ ਅਤੇ 2634 ਕਰੋੜ ਦਾ ਮੁਨਾਫਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਇਹ ਫੈਸਲਾ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਬਿਜਲੀ ਖੇਤਰ ਦੀ ਵਧਦੀ ਕੁਸ਼ਲਤਾ ਦੀ ਮੂੰਹ ਬੋਲਦੀ ਤਸਵੀਰ ਹੈ।
ਸੋਧੇ ਹੋਏ ਟੈਰਿਫ ਢਾਂਚੇ ਨਾਲ ਬਿਜਲੀ ਖੇਤਰ ਦੀ ਵਿੱਤੀ ਮਜ਼ਬੂਤੀ ਦੇ ਨਾਲ-ਨਾਲ ਖਪਤਕਾਰਾਂ ਨੂੰ ਕਿਫ਼ਾਇਤੀ ਦਰਾਂ ਤੇ ਬਿਜਲੀ ਮਿਲੇਗੀ। ਘਰੇਲੂ ਖਪਤਕਾਰਾਂ ਨੂੰ ਖਪਤ ਸਲੈਬਾਂ ਦੇ ਆਧਾਰ ’ਤੇ ਪ੍ਰਤੀ ਯੂਨਿਟ 1.5 ਰੁਪਏ ਤੱਕ ਦੀ ਕਟੌਤੀ , ਵਪਾਰਕ ਅਦਾਰਿਆਂ ਨੂੰ ਪ੍ਰਤੀ ਯੂਨਿਟ 79 ਪੈਸੇ ਤੱਕ ਦੀ ਕਟੌਤੀ ਦਾ ਲਾਭ ਅਤੇ ਉਦਯੋਗਿਕ ਖਪਤਕਾਰਾਂ ਨੂੰ ਪ੍ਰਤੀ ਯੂਨਿਟ 74 ਪੈਸੇ ਤੱਕ ਦੀ ਕਟੌਤੀ ਦੀ ਰਾਹਤ ਮਿਲੇਗੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਬਿਜਲੀ ਦਰਾਂ ਖਪਤਕਾਰ-ਅਨੁਕੂਲ ਰਹਿਣ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਅਤੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇ।’’
ਘਰੇਲੂ ਖਪਤਕਾਰਾਂ ਨੂੰ ਮਿਲਣ ਵਾਲੇ ਲਾਭਾਂ ਬਾਰੇ ਦੱਸਦੇ ਹੋਏ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਫ਼ਤ ਬਿਜਲੀ ਪਹਿਲਕਦਮੀ ਰਾਹੀਂ ਸੂਬੇ ਦੇ ਲੋਕਾਂ ਨੂੰ ਕਾਫ਼ੀ ਸਹਾਇਤਾ ਪਹਿਲਾਂ ਵਾਂਗ ਮਿਲਦੀ ਰਹੇਗੀ। ਉਨ੍ਹਾਂ ਕਿਹਾ ,‘‘ਪ੍ਰਤੀ ਮਹੀਨਾ 300 ਯੂਨਿਟ ਬਿਜਲੀ, ਅਤੇ ਜੋ ਪ੍ਰਤੀ ਬਿਲਿੰਗ ਸਾਈਕਲ 600 ਯੂਨਿਟ ਹੈ, ਰਾਹੀਂ ਘਰਾਂ ਲਈ ਪੂਰੀ ਤਰ੍ਹਾਂ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਦੇ 90 ਫੀਸਦੀ ਤੋਂ ਵੱਧ ਘਰ ਪਹਿਲਾਂ ਹੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਫ਼ਤ ਬਿਜਲੀ ਯੋਜਨਾ ਦਾ ਲਾਭ ਲੈ ਰਹੇ ਹਨ,।’’
ਉਨ੍ਹਾਂ ਅੱਗੇ ਕਿਹਾ ਕਿ ਮੁਫ਼ਤ ਕੋਟੇ ਤੋਂ ਵੱਧ ਖ਼ਪਤ ਕਰਨ ਵਾਲੇ ਘਰਾਂ ਲਈ ਵੀ, ਟੈਰਿਫ ਘਟਾ ਦਿੱਤੇ ਗਏ ਹਨ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “300 ਯੂਨਿਟਾਂ ਤੋਂ ਵੱਧ ਖਪਤ ਲਈ, ਟੈਰਿਫ ਵਿੱਚ ਪ੍ਰਤੀ ਯੂਨਿਟ 0.70 ਦੀ ਕਟੌਤੀ ਕੀਤੀ ਗਈ ਹੈ, ਜਿਸ ਨਾਲ ਵੱਧ ਖਪਤ ਵਾਲੇ ਘਰਾਂ ਨੂੰ ਵੀ ਕਾਫ਼ੀ ਰਾਹਤ ਮਿਲੇਗੀ ।”
ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਫਿਕਸਡ ਖ਼ਰਚੇ ਵੀ ਘਟਾ ਦਿੱਤੇ ਹਨ। 2 ਕਿਲੋਵਾਟ ਤੋਂ 7 ਕਿਲੋਵਾਟ ਦੇ ਵਿਚਕਾਰ ਲੋਡ ਵਾਲੇ ਘਰਾਂ ਲਈ, ਫਿਕਸਡ ਖਰਚਾ 5 ਪ੍ਰਤੀ ਕਿਲੋਵਾਟ , ਜਦਕਿ 7 ਕਿਲੋਵਾਟ ਤੋਂ 20 ਕਿਲੋਵਾਟ ਵਿਚਕਾਰ ਲੋਡ ਵਾਲੇ ਘਰਾਂ ਲਈ, ਫਿਕਸਡ ਖਰਚੇ 10 ਰਪੁਏ ਪ੍ਰਤੀ ਕਿਲੋਵਾਟ ਘਟਾ ਦਿੱਤੇ ਗਏ ਹਨ।



