– ਪੰਜਾਬ ਦੇ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ : 2 ਕਿਲੋ ਮੂੰਗੀ-ਛੋਲਿਆਂ ਦੀ ਦਾਲ ਅਤੇ ਖੰਡ, ਇਕ ਕਿਲੋ ਲੂਣ , 200 ਗ੍ਰਾਮ ਹਲਦੀ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੋਵੇਗਾ : ਭਗਵੰਤ ਸਿੰਘ ਮਾਨ
ਚੰਡੀਗੜ੍ਹ, 23 ਫਰਵਰੀ (ਪੰਜਾਬ ਐਕਸਪਲੋਰ ਬਿਊਰੋ):
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ਼ੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ‘ਮੇਰੀ ਰਸੋਈ ਯੋਜਨਾ’ ਤਹਿਤ ਸੂਬੇ ਦੇ 40 ਲੱਖ ਪਰਿਵਾਰਾਂ ਲਈ ਰਾਸ਼ਨ ਦੇ ਭੰਡਾਰੇ ਖੋਲ੍ਹ ਦਿੱਤੇ ਹਨ।
ਸੂਬੇ ਦੇ ਮੁੱਖ ਮੰਤਰੀ ਨੇ ਅੱਜ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ’ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਮਕਸਦ ਨਾਲ ਇਹ ਐਲਾਨ ਕੀਤਾ ਗਿਆ ਹੈ ਜਿਸ ਦੇ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ਉਤੇ ਮੁਫ਼ਤ ਰਾਸ਼ਨ ਕਿੱਟਾਂ ਦੀ ਵੰਡ ਸ਼ੁਰੂ ਕੀਤੀ ਜਾਵੇਗੀ। ਇਹ ਰਾਸ਼ਨ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਦਿੱਤੀ ਜਾਂਦੀ ਕਣਕ ਤੋਂ ਵੱਖਰੇ ਤੌਰ ’ਤੇ ਪ੍ਰਦਾਨ ਕੀਤੀਆਂ ਜਾਣਗੀਆਂ।
ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ “ਲੋਕ ਭਲਾਈ ਸਕੀਮਾਂ ਲਈ ਸਰੋਤ ਜੁਟਾਉਣਾ ਚੰਗੀ ਤਰ੍ਹਾਂ ਜਾਣਦੀ ਹੈ, ਜੋ ਪੂਰੀ “ਇਮਾਨਦਾਰੀ ਅਤੇ ਦੂਰਅੰਦੇਸੀ ਨਾਲ ਚਲਦੀ ਹੈ। ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਹਰ ਬੱਚੇ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣਾ ਸਿਰਫ ਇੱਕ ਵਾਅਦਾ ਨਹੀਂ ਸਗੋਂ ਸਾਡਾ ਨੈਤਿਕ ਫਰਜ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਲੋਕ-ਪੱਖੀ ਬਜਟ ਵਿੱਚ ਵੀ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਖਿਆਲ ਰੱਖਦਿਆਂ ਲੋਕ ਭਲਾਈ ਉਪਰਾਲਿਆਂ ਦਾ ਦਾਇਰਾ ਹੋਰ ਵਿਸ਼ਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਡੇ ਸੂਬੇ ਨੇ ਦੇਸ਼ ਦਾ ਢਿੱਡ ਭਰਨ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਪੰਜਾਬ ਅੰਦਰ ਅਜੇ ਵੀ ਕੁਝ ਪਰਿਵਾਰ ਅਜਿਹੇ ਹਨ, ਜੋ ਆਪਣੀ ਰੋਜਾਨਾ ਦੇ ਰੋਜ਼ੀ-ਰੋਟੀ ਲਈ ਨਿੱਤ ਸੰਘਰਸ਼ ਕਰਦੇ ਹਨ, ਜਿਨ੍ਹਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ‘ਮੇਰੀ ਰਸੋਈ ਯੋਜਨਾ’ ਸ਼ੁਰੂ ਕੀਤੀ ਹੈ।
ਯੋਜਨਾ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਵੱਖਰੇ ਤੌਰ ’ਤੇ ਪ੍ਰਦਾਨ ਕੀਤੀਆਂ ਜਾਣਗੀਆਂ।
ਮਾਰਕਫੈੱਡ ਇਸ ਪਹਿਲਕਦਮੀ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗਾ ਅਤੇ ਇਹ ਕਿੱਟਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਮੁਫਤ ਵਿੱਚ ਸਪਲਾਈ ਕੀਤੀਆਂ ਜਾਣਗੀਆਂ। ਸਰਕਾਰ ਨੇ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ ਇੱਕ ਮਜਬੂਤ ਵਿਧੀ ਬਣਾਈ ਹੈ। ਮਾੜੀ ਗੁਣਵੱਤਾ ਜਾਂ ਅਨਿਯਮਿਤ ਸਪਲਾਈ ਸਬੰਧੀ ਕਿਸੇ ਵੀ ਸ਼ਿਕਾਇਤ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਗਰੰਟੀ ਨਾ ਤਾਂ ਲਿਖੀ ਗਈ ਸੀ ਅਤੇ ਨਾ ਹੀ ਸਾਡੀ ਪਾਰਟੀ ਦੇ ਮੈਨੀਫੈਸਟੋ ਦਾ ਹਿੱਸਾ ਸੀ, ਪਰ ਇਹ ਪੰਜਾਬ ਦੇ ਲੋਕਾਂ ਪ੍ਰਤੀ ਸਾਡੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਅਸੀਂ ਇਸਨੂੰ ਪੂਰਾ ਕਰ ਰਹੇ ਹਾਂ।




