– ਇਹ ਦੰਡ ਕਾਰਡ ਕਿਸੇ ਵੀ ਖਿਡਾਰੀ ਦੇ ਅਨੁਸ਼ਾਸਨਹੀਨ, ਬੇਲਗਾਮ ਜਾਂ ਅਣਚਾਹੇ ਵਰਤਾਰੇ ਮੌਕੇ ਵਰਤਿਆ ਜਾਵੇਗਾ : ਹਰਜੀਤ ਸਿੰਘ ਗਰੇਵਾਲ
ਚੰਡੀਗੜ੍ਹ, 14 ਦਸੰਬਰ
ਵਿਸ਼ਵ ਗੱਤਕਾ ਫੈਡਰੇਸ਼ਨ ਦੀ ਅੰਤਰਰਾਸ਼ਟਰੀ ਗੱਤਕਾ ਨਿਯਮਾਵਲੀ ਵਿੱਚ ‘ਬਲੈਕ ਕਾਰਡ’ ਨੂੰ ਚੌਥੇ ਫਾਊਲ ਕਾਰਡ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਪ੍ਰਧਾਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਗੱਤਕਾ ਖੇਡ ਵਿੱਚ ਅਨੁਸ਼ਾਸਨ ਕਾਇਮ ਰੱਖਣ ਬਾਰੇ ਇਹ ਕਾਰਡ ਲਾਗੂ ਕੀਤਾ ਗਿਆ ਹੈ।
ਸ੍ਰ. ਗਰੇਵਾਲ ਨੇ ਉਕਤ ਜਾਣਕਾਰੀ ਗੁਰਦੁਆਰਾ ਬਾਬੇ ਕੇ ਸੈਕਟਰ 53 ਵਿੱਚ ਤੀਸਰੇ ਕੌਮੀ ਗੱਤਕਾ ਰਿਫਰੈਸ਼ਰ ਕੋਰਸ ਦੀ ਸ਼ੁਰੂਆਤ ਕਰਨ ਉਪਰੰਤ ਮੀਡੀਆ ਨੂੰ ਭੇਜੀ। ਇਸ ਮੌਕੇ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਤਕਨੀਕੀ ਅਧਿਕਾਰੀਆਂ ਸ਼ਾਮਲ ਹੋਏ। ਇਸ ਤਿੰਨ ਰੋਜ਼ਾ ਸਮਰੱਥਾ ਪ੍ਰੋਗਰਾਮ ਦਾ ਮਕਸਦ ਗੱਤਕਾ ਖੇਡ ਵਿੱਚ ਤਕਨੀਕੀ ਮਾਪਦੰਡਾਂ ਨੂੰ ਮਜ਼ਬੂਤ ਕਰਨਾ, ਨਿਯਮਾਂ ਦੀ ਇਕਸਾਰ ਪਾਲਣਾ ਯਕੀਨੀ ਬਣਾਉਣਾ ਅਤੇ ਮੁਕਾਬਲਿਆਂ ਦੇ ਸੁਚਾਰੂ ਤੇ ਪਾਰਦਰਸ਼ੀ ਸੰਚਾਲਨ ਨੂੰ ਹੋਰ ਮਜ਼ਬੂਤ ਕਰਨਾ ਹੈ।
ਇਸ ਕੋਰਸ ਵਿੱਚ ਮਾਹਿਰਾਂ ਨੇ ਸਕੋਰਿੰਗ ਪ੍ਰਣਾਲੀ, ਫਾਊਲ ਮੁਲਾਂਕਣ, ਮੁਕਾਬਲਾ ਯੋਜਨਾ, ਟੂਰਨਾਮੈਂਟ ਪ੍ਰਬੰਧਨ ਅਤੇ ਗੱਤਕਾ ਮੈਦਾਨ ਵਿੱਚ ਆਫੀਸ਼ੀਅਲਾਂ ਦੀ ਕਾਰਗੁਜ਼ਾਰੀ ਵਰਗੇ ਮਹੱਤਵਪੂਰਣ ਵਿਸ਼ਿਆਂ ’ਤੇ ਭਾਸ਼ਣ ਦਿੱਤੇ। ਗੱਤਕਾ ਅਧਿਕਾਰੀਆਂ ਨੇ ਪ੍ਰੈਕਟੀਕਲ ਸੈਸ਼ਨਾਂ ਵਿੱਚ ਵੀ ਹਿੱਸਾ ਲਿਆ ਜਿਨ੍ਹਾਂ ਵਿੱਚ ਉਨ੍ਹਾਂ ਨੂੰ ਸਕੋਰਿੰਗ ਬਾਰੇ ਫ਼ੈਸਲਾ ਲੈਣ ਦੀ ਯੋਗਤਾ ਅਤੇ ਤਕਨੀਕੀ ਕੰਟਰੋਲ ਹੋਰ ਨਿਖਾਰਨ ਦਾ ਮੌਕਾ ਮਿਲਿਆ।
ਫੈਡਰੇਸ਼ਨ ਦੀ ਅੰਤਰਰਾਸ਼ਟਰੀ ਗੱਤਕਾ ਨਿਯਮਾਵਲੀ ਵਿੱਚ ‘ਬਲੈਕ ਕਾਰਡ’ ਨੂੰ ਚੌਥੇ ਫਾਊਲ ਕਾਰਡ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਤਕਨੀਕੀ ਅਧਿਕਾਰੀਆਂ ਦੀ ਮਾਣ ਮਰਿਆਦਾ ਨੂੰ ਬਰਕਰਾਰ ਰੱਖਣਾ, ਮੁਕਾਬਲਿਆਂ ਦਾ ਸੁਚਾਰੂ ਸੰਚਾਲਨ ਯਕੀਨੀ ਬਣਾਉਣਾ ਅਤੇ ਬਾਊਟ ਦੌਰਾਨ ਖਿਡਾਰੀਆਂ ਵਿੱਚ ਢੁਕਵਾਂ ਅਨੁਸ਼ਾਸਨ ਕਾਇਮ ਰੱਖਣਾ ਹੈ। ਇਹ ਦੰਡ ਕਾਰਡ ਕਿਸੇ ਵੀ ਖਿਡਾਰੀ ਦੇ ਅਨੁਸ਼ਾਸਨਹੀਨ, ਬੇਲਗਾਮ ਜਾਂ ਅਣਚਾਹੇ ਵਰਤਾਰੇ ਮੌਕੇ ਵਰਤਿਆ ਜਾਵੇਗਾ।
ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਵਾਈਸ-ਚੇਅਰਮੈਨ ਸੁਖਚੈਨ ਸਿੰਘ ਕਲਸਾਨੀ ਨੇ ਕਿਹਾ ਕਿ ਲਗਾਤਾਰ ਸਿਖਲਾਈ ਅਤੇ ਸਮਰੱਥਾ-ਵਿਕਾਸ ਨਿਰਪੱਖ ਖੇਡ ਪ੍ਰਣਾਲੀ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਗੱਤਕਾ ਐਸੋਸੀਏਸ਼ਨ ਆਫ ਚੰਡੀਗੜ੍ਹ ਦੇ ਚੇਅਰਮੈਨ ਹਰਦੀਪ ਸਿੰਘ ਬੁਟੇਰਲਾ ਨੇ ਦੱਸਿਆ ਕਿ ਅਜਿਹੇ ਰਿਫਰੈਸ਼ਰ ਕੋਰਸ ਯੋਗਤਾ ਅਤੇ ਤਜਰਬੇ ਵਿੱਚ ਵਾਧਾ ਕਰਦੇ ਹਨ ਅਤੇ ਗੱਤਕਾ ਖੇਡ ਦੀ ਅੰਤਰਰਾਸ਼ਟਰੀ ਭਰੋਸੇਯੋਗਤਾ ਨੂੰ ਵੀ ਮਜ਼ਬੂਤ ਕਰਦੇ ਹਨ।
ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ ਫੂਲਰਾਜ ਸਿੰਘ ਨੇ ਵਿਸ਼ਵ ਗੱਤਕਾ ਫੈਡਰੇਸ਼ਨ ਦੀਆਂ ਭਵਿੱਖੀ ਯੋਜਨਾਵਾਂ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਦੌਰਾਨ ਵੱਖ-ਵੱਖ ਦੇਸ਼ਾਂ ਵਿੱਚ ਰਾਸ਼ਟਰੀ ਗੱਤਕਾ ਫੈਡਰੇਸ਼ਨਾਂ ਬਣਾਉਣ, ਤਕਨੀਕੀ ਆਫੀਸ਼ੀਅਲਾਂ ਲਈ ਉੱਚ-ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਉਣੇ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲੇ ਆਯੋਜਿਤ ਕਰਨ ਵਾਸਤੇ ਕਦਮ ਤੇਜ਼ ਕੀਤੇ ਜਾਣਗੇ।



